• ਸੜਕੀ ਪ੍ਰੋਜੈਕਟਾਂ, ਪਰਾਲੀ ਸਾੜਨ, ਝੋਨੇ ਦੀ ਖਰੀਦ ਅਤੇ ਚੁਕਾਈ, ਸਤਹੀ ਜਲ ਸਪਲਾਈ ਪ੍ਰੋਜੈਕਟ, ਆਮ ਆਦਮੀ ਕਲੀਨਿਕਾਂ ਦਾ ਲਿਆ ਜਾਇਜ਼ਾ
ਜ਼ਿਲ੍ਹੇ ਵਿੱਚ ਸੇਵਾ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਦੇ ਵਡੇਰੇ ਹਿੱਤ ਵਿੱਚ ਜਲੰਧਰ-ਹੁਸ਼ਿਆਰਪੁਰ ਰੋਡ ਪ੍ਰੋਜੈਕਟ 'ਚ ਤੁਰੰਤ ਦਖਲ ਦੇਣ ਦੀ ਮੰਗ
ਜਲੰਧਰ ਨੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਸਥਾਨ ਹਾਸਲ ਕੀਤਾ
ਪ੍ਰਮੁੱਖ ਸਕੱਤਰ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਕ੍ਰਿਸ਼ਨ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੀਆਂ ਮਾਈਨਿੰਗ ਸਾਈਟਾਂ ਰਾਹੀਂ ਰੇਤ ਦੀ ਆਸਾਨੀ ਨਾਲ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਦਿੱਲੀ ਕਟੜਾ ਐਕਸਪ੍ਰੈਸ ਵੇਅ, ਜਲੰਧਰ ਬਾਈਪਾਸ ਅਤੇ ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸੜਕੀ ਪ੍ਰਾਜੈਕਟਾਂ ਲਈ ਲੋੜੀਂਦੀ ਜ਼ਮੀਨ ਪ੍ਰਾਪਤ ਕਰਨ ਲਈ ਰਹਿੰਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਦਿੱਲੀ ਕਟੜਾ ਐਕਸਪ੍ਰੈਸ ਵੇਅ 'ਤੇ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ, ਜਦਕਿ ਜਲੰਧਰ ਬਾਈਪਾਸ ਅਤੇ ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਪ੍ਰਾਜੈਕਟਾਂ ਤਹਿਤ ਕ੍ਰਮਵਾਰ 79 ਫੀਸਦੀ ਅਤੇ 67 ਫੀਸਦੀ ਜ਼ਮੀਨ ਦਾ ਕਬਜ਼ਾ ਲੈ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 35 ਸੇਵਾ ਕੇਂਦਰਾਂ ਦੇ ਨਾਲ ਈ-ਸੇਵਾ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ਿਲ੍ਹੇ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਕੇਂਦਰਾਂ ਵਿੱਚ ਲੋਕਾਂ ਆਮਦ ਜ਼ਿਆਦਾ ਹੋਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਪਰਾਲੀ ਸਾੜਨ ਦੇ ਮਾਮਲਿਆਂ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਸਬ ਡਵੀਜ਼ਨਲ ਟੀਮਾਂ ਵੱਲੋਂ 48 ਘੰਟਿਆਂ ਦੇ ਅੰਦਰ ਪਰਾਲੀ ਸਾੜਨ ਵਾਲੀਆਂ 372 ਥਾਵਾਂ ਦੀ ਜਾਂਚ ਕੀਤੀ ਗਈ, ਇਨ੍ਹਾਂ ਵਿੱਚੋਂ 266 ਥਾਵਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਾਲੀਆਂ ਨਹੀਂ ਸਨ।
ਪਰਾਲੀ ਸਾੜਨ ਦੇ 60 ਮਾਮਲਿਆਂ ਵਿੱਚ 1.50 ਲੱਖ ਦਾ ਵਾਤਾਵਰਣ ਮੁਆਵਜ਼ਾ ਲਾਇਆ ਗਿਆ ਹੈ। ਕ੍ਰਿਸ਼ਨ ਕੁਮਾਰ ਨੇ ਸਬ ਡਵੀਜ਼ਨ ਦੀਆਂ ਟੀਮਾਂ ਨੂੰ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਉਪਰਾਲੇ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਪਰਾਲੀ ਬਿਲਕੁਲ ਵੀ ਨਾ ਸਾੜਨ ਵੱਲ ਪ੍ਰੇਰਿਤ ਕੀਤਾ ਜਾ ਸਕੇ।
ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਬਾਰੇ ਦਿੱਤੀ ਜਾਣਕਾਰੀ ਦੇ ਸਬੰਧ ਵਿੱਚ ਪ੍ਰਮੁੱਖ ਸਕੱਤਰ ਨੇ ਜ਼ਿਲ੍ਹੇ ਵਿੱਚ ਖਰੀਦ ਕਾਰਜਾਂ 'ਤੇ ਤਸੱਲੀ ਪ੍ਰਗਟਾਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਮੰਡੀਆਂ ਵਿੱਚ ਕੁੱਲ 701501 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 701289 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 1315 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਪ੍ਰਮੁੱਖ ਸਕੱਤਰ ਨੇ ਸਤੰਬਰ 2023 ਤੱਕ ਮੁਕੰਮਲ ਹੋਣ ਵਾਲੇ 24 ਘੰਟੇ ਸਤਹੀ ਜਲ ਸਪਲਾਈ ਨਾਲ ਸਬੰਧਤ ਪ੍ਰਾਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਆਦਮਪੁਰ ਨੇੜੇ ਪਿੰਡ ਜਗਰਾਵਾਂ ਵਿਖੇ 275 ਐਮਐਲਡੀ ਵਾਟਰ ਟ੍ਰੀਟਮੈਂਟ ਪਲਾਂਟ ਉਸਾਰੀ ਅਧੀਨ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸ਼ਾਹਕੋਟ, ਆਦਮਪੁਰ, ਕਰਤਾਰਪੁਰ ਅਤੇ ਗੁਰਾਇਆ ਵਿਖੇ ਐਸ.ਟੀ.ਪੀਜ਼ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਪ੍ਰਮੁੱਖ ਸਕੱਤਰ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਛੇ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਬਾਰੇ ਵੀ ਜਾਣਕਾਰੀ ਦਿੱਤੀ। ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦੱਸਿਆ ਕਿ 20 ਅਕਤੂਬਰ ਤੱਕ ਇਨ੍ਹਾਂ ਕਲੀਨਿਕਾਂ ਵਿੱਚ ਓ.ਪੀ.ਡੀ ਦੀ ਗਿਣਤੀ 19170 ਸੀ ਜਿਸ ਵਿੱਚ 1019 ਮਰੀਜ਼ਾਂ ਦੇ ਟੈਸਟ ਕੀਤੇ ਗਏ ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪ੍ਰਮੁੱਖ ਸਕੱਤਰ ਨੂੰ ਜਲੰਧਰ-ਹੁਸ਼ਿਆਰਪੁਰ ਸੜਕੀ ਪ੍ਰਾਜੈਕਟ ਵਿੱਚ ਸੂਬਾ ਸਰਕਾਰ ਦੇ ਤੁਰੰਤ ਦਖਲ ਦੀ ਵੀ ਅਪੀਲ ਕੀਤੀ।
ਕੈਪਸ਼ਨ: ਜਲ ਸਰੋਤ,ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਡੀਏਸੀ, ਜਲੰਧਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
0 Comments